ਵਰਜੀਨੀਆ ਗੁਰਦੁਆਰਾ ਅੱਗ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਨੇ Central Sikh Association of New Zealand ਦੇ ਦਲਜੀਤ ਸਿੰਘ ਤੇ ਕਰਮਜੀਤ ਸਿੰਘ ਸਮੇਤ ਵਿਸ਼ੇਸ਼ ਵਫ਼ਦ ਨੂੰ ਰਿਪੋਰਟ ਸੌਂਪਣ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ (NZ Punjabi News) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਅੱਗ ਨਾਲ ਤਬਾਹ ਹੋਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਗੁਰਦੁਆਰਿਆਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਅਤੇ ਅਜਿਹੀਆਂ ਘਟਨਾਵਾਂ ਤੋਂ ਸਚੇਤ ਰਹਿਣ ਦੀ ਅਪੀਲ ਕੀਤੀ ਹੈ।

ਜਥੇਦਾਰ ਨੇ ਨਿਊਜ਼ੀਲੈਂਡ ਤੋਂ ਸ. ਦਲਜੀਤ ਸਿੰਘ ( President of the Central Sikh Association of New Zealand) ਅਤੇ ਕਰਮਜੀਤ ਸਿੰਘ (Secretary), ਆਸਟ੍ਰੇਲੀਆ ਦੇ ਮਨਦੀਪ ਸਿੰਘ, ਰਵੀ ਇੰਦਰ ਸਿੰਘ, ਪ੍ਰੀਤਮ ਸਿੰਘ ਅਤੇ ਗੁਰਿੰਦਰਜੀਤ ਸਿੰਘ ਨੂੰ ਘਟਨਾ ਸਥਾਨ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲੈਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਰਿਪੋਰਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਵਫ਼ਦ ਸਥਾਨਕ ਆਸਟ੍ਰੇਲੀਆਈ ਅਧਿਕਾਰੀਆਂ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਘਟਨਾ ਦੀ ਪੂਰੀ ਜਾਣਕਾਰੀ ਇਕੱਠੀ ਕਰੇਗਾ। ਇਸ ਦੇ ਨਾਲ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਪਣੀ ਵੱਖਰੀ ਵਿਸਥਾਰਪੂਰਵਕ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੂੰ ਭੇਜਣ ਲਈ ਕਿਹਾ ਗਿਆ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਜੇਕਰ ਕਿਸੇ ਸ਼ਰਾਰਤੀ ਸਾਜ਼ਿਸ਼ ਦੀ ਸੰਭਾਵਨਾ ਹੋਵੇ ਤਾਂ ਉਸ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਵਰਜੀਨੀਆ ਦੀ ਸਿੱਖ ਸੰਗਤ ਨੂੰ ਹੌਸਲਾ, ਧੀਰਜ ਅਤੇ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਵੀ ਦਿੱਤਾ।

Share it :
error: Content is protected !!