ਪੰਜਾਬ SIR: ਜੇ ਸਾਬਕਾ ਰਾਜਦੂਤ ਨੂੰ ਵੀ ਨਾਗਰਿਕਤਾ ਸਾਬਤ ਕਰਨੀ ਪਈ, ਤਾਂ ਤੁਸੀਂ ਕੀ ਓ?

ਆਕਲੈਂਡ (NZ ਪੰਜਾਬੀ ਨਿਊਜ਼): ਪੰਜਾਬ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਦੌਰਾਨ ਨਾਗਰਿਕਤਾ ਦੀ ਪੁਸ਼ਟੀ ਨੂੰ ਲੈ ਕੇ ਸਾਬਕਾ ਭਾਰਤੀ ਡਿਪਲੋਮੈਟ ਨਵਦੀਪ ਸੂਰੀ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੂਰੀ ਨੂੰ ਆਪਣੀ ਭਾਰਤੀ ਨਾਗਰਿਕਤਾ ਸਾਬਤ ਕਰਨ ਲਈ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਮ ਨਾਗਰਿਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਚਿੰਤਾ ਜਤਾਈ।

ਨਵਦੀਪ ਸੂਰੀ ਭਾਰਤ ਵੱਲੋਂ ਕਈ ਦੇਸ਼ਾਂ ਵਿੱਚ ਰਾਜਦੂਤ ਅਤੇ ਹਾਈ ਕਮਿਸ਼ਨਰ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਵਰਗੇ ਵਿਅਕਤੀ ਨੂੰ, ਜਿਸ ਨੇ ਵਿਦੇਸ਼ਾਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ, ਆਪਣੀ ਨਾਗਰਿਕਤਾ ਸਾਬਤ ਕਰਨ ਵਿੱਚ ਮੁਸ਼ਕਲ ਆ ਸਕਦੀ ਹੈ ਤਾਂ ਇੱਕ ਆਮ ਨਾਗਰਿਕ ਦੀ ਸਥਿਤੀ ਕੀ ਹੋਵੇਗੀ।

ਸੂਰੀ ਦੇ ਅਨੁਸਾਰ, 2003 ਦੀ ਵੋਟਰ ਸੂਚੀ ਦੇ ਰਿਕਾਰਡ ਅਤੇ ਮੌਜੂਦਾ ਜਾਣਕਾਰੀ ਵਿੱਚ ਅੰਤਰ ਸਾਹਮਣੇ ਆਉਣ ਤੋਂ ਬਾਅਦ ਚੋਣ ਅਧਿਕਾਰੀਆਂ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ।

ਸੋਸ਼ਲ ਮੀਡੀਆ ‘ਤੇ ਆਪਣਾ ਤਜਰਬਾ ਸਾਂਝਾ ਕਰਦਿਆਂ ਸੂਰੀ ਨੇ ਲਿਖਿਆ ਕਿ ਉਨ੍ਹਾਂ ਕੋਲ ਵੋਟਰ ਆਈਡੀ ਅਤੇ ਆਧਾਰ ਕਾਰਡ ਤੋਂ ਇਲਾਵਾ ਹੋਰ ਵੀ ਦਸਤਾਵੇਜ਼ ਹਨ, ਪਰ ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਤਿੰਨ ਦੇਸ਼ਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਵਿਅਕਤੀ ਨੂੰ ਆਪਣੀ ਨਾਗਰਿਕਤਾ ਸਾਬਤ ਕਰਨ ਵਿੱਚ ਦਿੱਕਤ ਆ ਰਹੀ ਹੈ ਤਾਂ ਆਮ ਨਾਗਰਿਕ ਦਾ ਕੀ ਹੋਵੇਗਾ।

ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਚੋਣ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਕਿ 2003 ਵਿੱਚ ਹੋਈ ਪਿਛਲੀ ਰਿਵਿਜ਼ਨ ਦੌਰਾਨ ਉਹ ਭਾਰਤ ਵਿੱਚ ਨਹੀਂ ਸਨ, ਤਾਂ ਉਨ੍ਹਾਂ ਤੋਂ ਪਾਸਪੋਰਟ ਸਮੇਤ ਨਾਗਰਿਕਤਾ ਸਾਬਤ ਕਰਨ ਵਾਲੇ ਦਸਤਾਵੇਜ਼ ਮੰਗੇ ਗਏ।

ਸੂਰੀ ਨੇ ਇਸ ਪ੍ਰਕਿਰਿਆ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ 2003 ਦੇ ਰਿਕਾਰਡਾਂ ਅਤੇ 2026 ਦੀ ਉਨ੍ਹਾਂ ਦੀ ਜਾਣਕਾਰੀ ਵਿੱਚ ਅੰਤਰ ਹੋਣਾ ਸੁਭਾਵਿਕ ਹੈ, ਕਿਉਂਕਿ ਉਸ ਸਮੇਂ ਉਹ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਅਤੇ ਪਿਛਲੀ ਪ੍ਰਕਿਰਿਆ ਵਿੱਚ ਸ਼ਾਮਲ ਨਹੀਂ ਹੋਏ ਸਨ।

ਨਵਦੀਪ ਸੂਰੀ ਭਾਰਤ ਦੇ ਹਾਈ ਕਮਿਸ਼ਨਰ ਟੂ ਆਸਟ੍ਰੇਲੀਆ ਰਹਿ ਚੁੱਕੇ ਹਨ ਅਤੇ ਸੰਯੁਕਤ ਅਰਬ ਅਮੀਰਾਤ ਤੇ ਮਿਸਰ ਵਿੱਚ ਭਾਰਤ ਦੇ ਰਾਜਦੂਤ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅਮਰੀਕਾ, ਬ੍ਰਿਟੇਨ ਅਤੇ ਦੱਖਣੀ ਅਫਰੀਕਾ ਸਮੇਤ ਕਈ ਦੇਸ਼ਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ।

ਇਸ ਮਾਮਲੇ ‘ਤੇ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਨਵਦੀਪ ਸੂਰੀ ਦਾ ਨਾਮ ਕਦੇ ਵੀ ਵੋਟਰ ਸੂਚੀ ਵਿੱਚੋਂ ਨਹੀਂ ਹਟਾਇਆ ਗਿਆ।

ਉਨ੍ਹਾਂ ਦੱਸਿਆ ਕਿ ਸੂਰੀ ਦਾ ਨਾਮ 13 ਅਗਸਤ ਨੂੰ ਜਾਰੀ ਹੋਈ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਸੀ ਅਤੇ ਅੰਮ੍ਰਿਤਸਰ ਵਿੱਚ ਉਨ੍ਹਾਂ ਦੀ ਵੋਟਰ ਰਜਿਸਟ੍ਰੇਸ਼ਨ ਅਜੇ ਵੀ ਸਰਗਰਮ ਹੈ।

ਮਿਤਰਾ ਮੁਤਾਬਕ, 2003 ਦੀ SIR ਪ੍ਰਕਿਰਿਆ ਦੇ ਰਿਕਾਰਡਾਂ ਨਾਲ ਸੂਰੀ ਦੀ ਮੈਪਿੰਗ ਨਾ ਹੋਣ ਕਾਰਨ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਹਾਲਾਂਕਿ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਤੋਂ ਬਾਅਦ ਉਨ੍ਹਾਂ ਦਾ ਨਾਮ ਵੋਟਰ ਸੂਚੀ ਵਿੱਚ ਬਰਕਰਾਰ ਰੱਖਿਆ ਗਿਆ ਹੈ।

Share it :
error: Content is protected !!