ਆਕਲੈਂਡ- ਪੰਜਾਬ ਕਾਂਗਰਸ ਵਿਚ ਚੱਲ ਰਹੇ ਅੱਜ ਤਖ਼ਤਾ ਪਲਟ ਦੇ ਘਟਨਾਕ੍ਰਮ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਸ਼ਨੀਵਾਰ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਅਖੀਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ।
ਲਗਭਗ 4.30 ਵਜੇ ਰਾਜਪਾਲ ਭਵਨ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਪ ਦਿੱਤਾ। ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਭਾਵੇਂ ਇਸ ਬਾਰੇ ਅਜੇ ਵੀ ਅਟਕਲਾਂ ਬਰਕਰਾਰ ਹਨ ਪਰ ਸੂਤਰਾਂ ਮੁਤਾਬਕ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਹੈ। ਇਸ ਦੇ ਨਾਲ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਕੈਪਟਨ ਅਮਰਿੰਦਰ ਸਿੰਘ ਦੌਰ ਦਾ ਅੰਤ ਮੰਨਿਆ ਜਾ ਸਕਦਾ ਹੈ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਨੂੰ ਨਬੇੜਨ ਲਈ ਹਾਈਕਮਾਨ ਨੇ ਅੱਜ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਮੁਤਾਬਕ ਇਸ ਮੀਟਿੰਗ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਉਲਾਂਭੇ ਕਰਨ ਦੇ ਕਦਮ ਵਜੋਂ ਵੀ ਦੇਖਿਆ ਜਾ ਰਿਹਾ ਸੀ। ਅੱਜ 5 ਵਜੇ ਸੀ. ਐੱਲ. ਪੀ. ਦਲ ਦੀ ਮੀਟਿੰਗ ਸੱਦੀ ਸੀ ਪਰ ਇਸ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।